ਭਾਰਤ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੇ ਸਮਰਥਕਾਂ ਦੇ OCI ਕਾਰਡ ਅਤੇ ਵੀਜ਼ੇ ਰੱਦ ਕਰਨ ਦੀ ਖਬਰ
ਭਾਰਤ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੇ ਸਮਰਥਕਾਂ ਦੇ OCI ਕਾਰਡ ਅਤੇ ਵੀਜ਼ੇ ਰੱਦ ਕਰਨ ਦੀ ਖਬਰ

ਕਿਸਾਨ ਸੰਘਰਸ਼ ਦਾ ਦੇਸ਼ਾਂ-ਵਿਦੇਸ਼ਾਂ ‘ਚ ਕਾਫ਼ੀ ਲੋਕਾਂ ਵੱਲੋਂ ਸਮਰਥਨ ਕੀਤਾ ਗਿਆ ਹੈ, ਉਹ ਲੋਕ ਜੋ ਵਿਦੇਸ਼ ‘ਚ ਹਨ ਤੇ ਕਿਸਾਨ ਸੰਘਰਸ਼ ਦੇ ਸਮਰਥਕ ਹਨ, ਦੇ ਲਈ ਭਾਰਤ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਭਾਰਤ ਸਰਕਾਰ ਨੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਭਾਰਤੀ ਮੂਲ ਦੇ ਲੋਕਾਂ ਦੇ ਓਵਰਸੀਜ਼ ਸਿਟੀਜ਼ਨਜ਼ ਆਫ ਇੰਡੀਆ (ਓਸੀਆਈ) ਕਾਰਡ ਅਤੇ ਲੰਬੇ ਸਮੇਂ ਦੇ (ਐਲਟੀ) ਵੀਜ਼ੇ ਰੱਦ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਸੂਤਰਾਂ ਵੱਲੋਂ ਰੱਦ ਕੀਤੇ ਗਏ ਓਸੀਆਈ ਕਾਰਡਾਂ ਅਤੇ ਐਲਟੀ ਵੀਜ਼ਿਆਂ ਦੀ ਗਿਣਤੀ ਦਾ ਖੁਲਾਸਾ ਨਹੀਂ ਕੀਤਾ ਗਿਆ। ਉਹਨਾਂ ਮੁਤਾਬਕ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਮਰਥਨ ਦੇਣ ਦੀ ਆੜ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਸੀ।

ਇੱਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਹੁਕਮ ਅਨੁਸਾਰ ਜੇਕਰ ਅਜਿਹੇ ਲੋਕ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਸਰਕਾਰ ਵੱਲੋਂ ਕਥਿਤ ਤੌਰ ‘ਤੇ ਘੱਟੋ-ਘੱਟ 12 ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਵੱਖ-ਵੱਖ ਦੇਸ਼ਾਂ ਵਿਚ ‘ਭਾਰਤੀ ਮਿਸ਼ਨ’ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਹ ਦੇਖਿਆ ਗਿਆ ਹੈ ਕਿ ਕਈ ਦੇਸ਼ਾਂ, ਖਾਸ ਤੌਰ ‘ਤੇ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਮਿਸ਼ਨਾਂ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ। ਸਰਕਾਰ ਨੇ ਕਥਿਤ ਤੌਰ ‘ਤੇ ਘੱਟੋ-ਘੱਟ 12 ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਹੈ। ਜੇਕਰ ਉਹ ਭਾਰਤ ਦੀ ਯਾਤਰਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਇਮੀਗ੍ਰੇਸ਼ਨ ਵਿਭਾਗ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਉਪਰੋਕਤ ਯਾਤਰੀ ਨੂੰ ਉਸਦੇ ਮੂਲ ਦੇਸ਼ ਵਿੱਚ ਵਾਪਸ ਭੇਜੇ।

ਗੌਰਤਲਬ ਹੈ ਕਿ ਸਤੰਬਰ ਵਿੱਚ, ਭਾਰਤ ਨੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਦੇਸ਼ ਦੇ ਕੁਝ ਰਾਜਨੀਤਿਕ ਨੇਤਾਵਾਂ ਦੁਆਰਾ ਕੀਤੀਆਂ ਕੁਝ ਟਿੱਪਣੀਆਂ ‘ਤੇ ਕੈਨੇਡੀਅਨ ਸਰਕਾਰ ਕੋਲ ਇੱਕ ਵਿਰੋਧ ਦਰਜ ਕਰਵਾਇਆ, ਜਿਸ ‘ਚ ਇਹ ਦਾਅਵਾ ਕੀਤਾ ਗਿਆ ਸੀ, ਕਿ ਇਹ ਸਰਾਸਰ ਭਾਰਤ ਦੇ “ਅੰਦਰੂਨੀ ਮਾਮਲੇ ਵਿੱਚ ਦਖਲਅੰਦਾਜ਼ੀ” ਹੈ। ਭਾਰਤ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਉਸ ਨੂੰ ਇਹ ਮਨਜ਼ੂਰ ਨਹੀਂ ਹੈ।

ਦੱਸ ਦੇਈਏ ਕਿ ਕਿਸਾਨਾਂ ਦਾ ਇਹ ਧਰਨਾ ਕਰੀਬ ਇੱਕ ਸਾਲ ਤੋਂ ਨਿਰੰਤਰ ਚੱਲ ਰਿਹਾ ਹੈ, ਜਿਸ ‘ਚ ਹੁਣ ਤੱਕ ਸੈਂਕੜੇ ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ।